ਫਗਵਾੜਾ 28 ਨਵੰਬਰ ( ): ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਕਿਹਾ ਕਿ ਕਿਸਾਨ ਅੰਦੋਲਨ ਮੋਦੀ ਸਰਕਾਰ ਦੇ ਤਾਬੂਤ ਵਿਚ ਆਖਰੀ ਕਿੱਲ ਬਣੇਗਾ। ਉਹਨਾਂ ਕਿਹਾ ਕਿ ਦਿੱਲੀ ਵਿੱਚ ਕਿਸਾਨਾਂ ਦਾ ਦਾਖਲਾ ਤਾਨਾਸ਼ਾਹੀ ਮੋਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ ਦਾ ਸੰਕੇਤ ਹੈ। ਉਨ•ਾਂ ਕਿਹਾ ਕਿ ਕਿਸਾਨ ਮੋਦੀ ਐਂਡ ਕੰਪਨੀ ਦੇ ਹੰਕਾਰ ਨੂੰ ਕੁਚਲਦੇ ਹੋਏ ਦਿੱਲੀ ਵਿੱਚ ਦਾਖਲ ਹੋ ਗਏ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਲੋਕ ਵਿਰੋਧੀ ਸਰਕਾਰ ਨੂੰ ਜਨਤਾ ਬੇਦਖਲ ਕਰ ਦੇਵੇਗੀ। ਸ੍ਰੀ ਮਾਨ ਨੇ ਕਿਹਾ ਕਿ ਮੋਦੀ ਅਤੇ ਹਰਿਆਣਾ ਸਰਕਾਰ ਵੱਲੋਂ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਸੰਵਿਧਾਨ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਰਾਹ ਵਿਚ ਅੜਿੱਕੇ ਪੈਦਾ ਕਰਕੇ ਕੇਂਦਰ ਅਤੇ ਹਰਿਆਣਾ ਸਰਕਾਰਾਂ ਨੇ ਬੇਸ਼ਰਮੀ ਨਾਲ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ•ਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸ਼ੇਖੀ ਮਾਰ ਰਹੇ ਸਨ ਕਿ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦੇ ਹਨ ਪਰ ਭਾਜਪਾ ਸਰਕਾਰ ਆਪਣੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਨਵੀਂ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਉਨ•ਾਂ ਦੀ ਗੱਲ ਸੁਣਨ ਦੀ ਬਜਾਏ ਮੋਦੀ ਸਰਕਾਰ ਨੇ ਉਨ•ਾਂ ਦੇ ਵਿਰੋਧ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸਾਬਕਾ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਜਦੋਂ ਸਾਰੇ ਦੇਸ਼ ਨੇ ਸੰਵਿਧਾਨ ਦਿਵਸ ਮਨਾਇਆ ਤਾਂ ਭਾਜਪਾ ਸਰਕਾਰ ਨੇ ਲੋਕਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝੇ ਕਰਦਿਆਂ ਸੰਵਿਧਾਨ ਦੀ ਬੁਨਿਆਦੀ ਭਾਵਨਾ ਦਾ ਕਤਲ ਕਰ ਦਿੱਤਾ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਦੇਸ਼ ਦੇ ਸੰਘੀ ਢਾਂਚੇ ਦੀ ਸੂਚੀ ਦੀ ਉਲੰਘਣਾ ਕਰਕੇ ਤਿੰਨ ਕਾਲੇ ਕਾਨੂੰਨ ਬਣਾਏ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣਾ ਚਾਹੁੰਦੀ ਹੈ। ਸ੍ਰੀ ਮਾਨ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਕਾਂਗਰਸ ਪਾਰਟੀ ਉਨ•ਾਂ ਦੇ ਨਾਲ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਉਨ•ਾਂ ਦੇ ਅਧਿਕਾਰਾਂ ਦੀ ਰਾਖੀ ਲਈ ਯਤਨ ਕਰ ਰਹੀ ਹੈ।
ਤਸਵੀਰ – ਜੋਗਿੰਦਰ ਸਿੰਘ ਮਾਨ।