ਜਲੰਧਰ :- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਲਈ ‘ਵੈਟ ਦੇ ਬਕਾਏ ਲਈ ਓਟੀਐਸ ਸਕੀਮ’ ਦੀ ਸ਼ੁਰੂਆਤ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੁਆਬਾ ਖੇਤਰ ਦੇ ਤਕਰੀਬਨ 10,000 ਛੋਟੇ ਅਤੇ ਮੱਧਮ ਦਰਜੇ ਦੇ ਕਾਰੋਬਾਰੀਆਂ ਨੂੰ ਲਾਭ ਮਿਲੇਗਾ। ਸਕੀਮ ਦੇ ਵਰਚੂਅਲ ਆਗਾਜ਼ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦੇ ਲਗਭਗ 10,000 ਵਪਾਰੀਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਸਕੀਮ ਦੇ ਨਿਯਮਾਂ ਅਨੁਸਾਰ 50 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ ਤੇ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜ ਰਾਜਾ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੇ ਉਦਯੋਗਪਤੀਆਂ ਵੱਲੋਂ ਉਠਾਏ ਗਏ ਸੀ-ਫਾਰਮ ਅਤੇ ਹੋਰਾਂ ਦੀ ਅਣਉਪਲਬੱਧਤਾ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਦਾ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਓਟੀਐਸ ਸਕੀਮ ਨਾਲ ਕਾਰੋਬਾਰੀ ਭਾਈਚਾਰੇ ਨੂੰ ਸਹੂਲਤ ਮਿਲੇਗੀ, ਜਿਨ੍ਹਾਂ ਨੂੰ ਸੀ-ਫਾਰਮਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ 17 ਫੋਕਲ ਪੁਆਇੰਟਾਂ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ 146 ਕਰੋੜ ਜਾਰੀ ਕੀਤੇ ਗਏ ਹਨ। ਉਦਯੋਗਾਂ ਨੂੰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਨੇ 71000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ 2.70 ਲੱਖ ਨੌਕਰੀਆਂ ਪੈਦਾ ਕੀਤੀਆਂ ਹਨ।ਮੰਤਰੀ ਨੇ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਨੇ ਰਾਜ ਦੀ ਵਾਗਡੋਗ ਸੰਭਾਲੀ ਹੈ, ਉਦੋਂ ਤੋਂ ਉਦਯੋਗਾਂ ਦੀ ਹਰ ਸਮੱਸਿਆ ਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਲ 2017 ਵਿੱਚ ਬਣਾਈ ਗਈ ਉਦਯੋਗਿਕ ਨੀਤੀ ਰਾਜ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਵਿੱਚ ਸਹਾਇਕ ਰਹੀ ਹੈ ਅਤੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਵਿਚ ਮਦਦਗਾਰ ਸਾਬਿਤ ਹੋਈ ਹੈ।

ਵਿਧਾਇਕਾਂ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਨੇ ਨੀਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਦਯੋਗਪਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੈਂਡਿੰਗ ਬਕਾਏ ਦਾ ਨਿਪਟਾਰਾ ਕਰਨ ਲਈ ਇਸ ਸਕੀਮ ਨੂੰ ਉਲੀਕ ਕੇ ਉਦਯੋਗਪਤੀਆਂ ਨਾਲ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਵੀਡੀਓ ਕਾਨਫਰੰਸ ਵਿਚ ਹਿੱਸਾ ਲੈਣ ਵਾਲੇ ਵਪਾਰੀਆਂ ਅਤੇ ਸਨਅਤਕਾਰਾਂ ਨੇ ਓਟੀਐਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਟੈਕਸੇਸ਼ਨ ਕਮਿਸ਼ਨਰ, ਜਲੰਧਰ ਡਵੀਜ਼ਨ ਪਰਮਜੀਤ ਸਿੰਘ, ਸਹਾਇਕ ਕਰ ਕਮਿਸ਼ਨਰ ਕੰਵਲਜੀਤ ਸਿੰਘ ਅਤੇ ਹੋਰ ਮੌਜੂਦ ਸਨ।