ਜਲੰਧਰ, 16 ਅਗਸਤ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਕੈਮਿਸਟ ਦੀਆਂ ਦੁਕਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਨਾਬਾਲਗਾਂ ਨੂੰ ਨਸ਼ੀਲੀਆਂ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਈ ਜਾ ਸਕੇ।
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਦੇ ਚੇਅਰਪਰਸਨ ਪ੍ਰਿਅੰਕ ਕਾਨੂੰਨਗੋ ਦੀ ਪ੍ਰਧਾਨਗੀ ਹੇਠ ਹੋਈ ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਬੱਚਿਆਂ ਵਿੱਚ ਨਸ਼ੀਲੀਆਂ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦੇ ਸੇਵਨ ਅਤੇ ਗੈਰ ਕਨੂੰਨੀ ਤਸਕਰੀ ਦੀ ਰੋਕਥਾਮ ਬਾਰੇ ਸਾਂਝੀ ਕਾਰਜ ਯੋਜਨਾ ਤਹਿਤ ਹੋਈ ਪ੍ਰਗਤੀ ਬਾਰੇ ਕਮਿਸ਼ਨ ਨੂੰ ਜਾਣੂੰ ਕਰਵਾਇਆ।
ਡਿਪਟੀ ਕਮਿਸ਼ਨਰ ਨੇ ਸਿਹਤ ਅਤੇ ਪੁਲਿਸ ਵਿਭਾਗ ਨੂੰ ਵਿਸ਼ੇਸ਼ ਤੌਰ ‘ਤੇ ਕੈਮਿਸਟਾਂ ਦੀਆਂ ਦੁਕਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾ ਕੇ ਇਸ ਸਾਂਝੀ ਕਾਰਜ ਯੋਜਨਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੌਕੇ ‘ਤੇ ਨਿਰਦੇਸ਼ ਜਾਰੀ ਕੀਤੇ ।
ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਬੱਚਿਆਂ ਨੂੰ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੀ ਸੂਚਨਾ ਮਿਲੀ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਅਧਿਕਾਰੀਆਂ ਨੂੰ ਸ਼ਰਾਬ ‘ਤੇ ਆਬਕਾਰੀ ਐਕਟ ਦੀਆਂ ਵਿਵਸਥਾਵਾਂ ਲਾਗੂ ਕਰਨ ਲਈ ਕਿਹਾ, ਜੋ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਉਂਦੀਆਂ ਹਨ ਅਤੇ ਕਿਹਾ ਕਿ 18 ਸਾਲ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੀਆਂ ਦੁਕਾਨਾਂ ‘ਤੇ ਕੰਮ ‘ਤੇ ਨਹੀਂ ਰੱਖਿਆ ਜਾ ਸਕਦਾ ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਸਕੂਲਾਂ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਬਾਰੇ ਜਾਣੂੰ ਕਰਵਾਇਆ, ਜਿੱਥੇ ਜ਼ਿਲ੍ਹੇ ਦੇ 435 ਸਕੂਲਾਂ ਵਿੱਚ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੱਡੀ ਮਾਸ ਟ੍ਰੇਨਰਾਂ ਵੱਲੋਂ ਬੱਚਿਆਂ ਨੂੰ ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਰੋਜ਼ਾਨਾ ਦੇ ਆਧਾਰ ‘ਤੇ ਸਿਖਲਾਈ ਸੈਸ਼ਨ ਵੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਐਨ.ਸੀ.ਪੀ.ਸੀ.ਆਰ. ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇੱਕ ਸੰਕਲਿਤ ਰਿਪੋਰਟ ਸੌਂਪੀ ਜਾ ਸਕੇ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ. ਰੰਧਾਵਾ ਨੇ ਅੱਗੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਪ੍ਰਸ਼ਾਸਨ ਵੱਲੋਂ ਆਂਗਣਵਾੜੀ, ਆਸ਼ਾ ਵਰਕਰਾਂ ਅਤੇ ਕਿਰਤ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।