ਜਲੰਧਰ (28-07-2021): ਕਿਸੇ ਵੀ ਬੀਮਾਰੀ ਦਾ ਜੇ ਸਮੇਂ ‘ਤੇ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਉਸਦਾ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ। ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੁੱਧਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਦੇ ਐਮ.ਸੀ.ਐਚ. ਸੈਂਟਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਐਪੀਡਿਮਲੋਜਿਸਟ ਡਾ. ਆਦਿਤਯ ਪਾਲ ਸਿੰਘ, ਡਾ. ਸ਼ੋਭਨਾ ਬਾਂਸਲ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ, ਡਿਪਟੀ ਐਮ.ਈ.ਆਈ.ਓ. ਪਰਮਜੀਤ ਕੌਰ, ਬੀ.ਈ.ਈ. ਰਾਕੇਸ਼ ਸਿੰਘ, ਬੀ.ਈ.ਈ. ਮਾਨਵ ਸ਼ਰਮਾ, ਬੀ.ਸੀ.ਸੀ.ਕੋਆਰਡੀਨੇਟਰ ਨੀਰਜ ਸ਼ਰਮਾ, ਐਲ.ਐਚ.ਵੀ. ਸਤਵਿੰਦਰ ਕੌਰ ਮੌਜੂਦ ਸਨ।
ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਵਿਸ਼ਵ ਹੈਪੇਟਾਈਟਸ ਦਿਵਸ ” ਹੈਪਾਟਾਈਟਸ ਇੰਤਜਾਰ ਨਹੀਂ ਕਰਦਾ ” ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਂਹੀ ਫੈਲਦਾ ਹੈ। ਇਹ ਬੀਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਦੂਸ਼ਿਤ ਖੂਨ ਚੜਾਉਣ ਨਾਲ ਫੈਲਦੀ ਹੈ। ਇਸ ਲਈ ਉਨ੍ਹਾਂ ਕਿਹਾ ਕਿ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਹਾਇਮੋਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦੀਆਂ ਪਤਾ ਲੱਗ ਸਕੇ।
ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੇਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ 23 ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲੇਜ, 17 ਏ.ਆਰ.ਟੀ. ਕੇਂਦਰਾਂ ਅਤੇ 14 ਉ.ਐਸ.ਟੀ. ਕੇਂਦਰਾਂ ਅਤੇ 1 ਐਸ.ਡੀ.ਐਚ. ਬਟਾਲਾ ਵਿਖੇ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈ 104 ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ।
ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਹੈਪੇਟਾਈਟਸ – ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਆਉਂਦਾ ਹੈ ਤਾਂ ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ।