ਫਗਵਾੜਾ 17 ਅਗਸਤ (ਸ਼ਿਵ ਕੋੜਾ) ਕਾਂਗਰਸ ਪਾਰਟੀ ਵਲੋਂ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਪ੍ਰਧਾਨ ਫਗਵਾੜਾ ਦਿਹਾਤੀ ਕਾਂਗਰਸ ਨੇ ਸਮੇਤ ਸਾਥੀਆਂ ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਜਨਰਲ ਸਕੱਤਰ ਨਿਯੁਕਤ ਹੋਣ ਦੀਆਂ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ। ਫਗਵਾੜਾ ਵਾਪਸੀ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪਰਗਟ ਸਿੰਘ ਇਕ ਨੇਕ ਦਿਲ ਅਤੇ ਇਮਾਨਦਾਰ ਸ਼ਖਸੀਅਤ ਦੇ ਮਾਲਕ ਹਨ। ਉਹਨਾਂ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਮੁੱਖ ਦਫਤਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਦੋਆਬੇ ਦਾ ਮਾਣ ਵਧਿਆ ਹੈ। ਇਸ ਦੌਰਾਨ ਦਲਜੀਤ ਰਾਜੂ ਨੇ ਕਿਹਾ ਕਿ ਉਹਨਾਂ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ ਤੇ ਨਾਲ ਹੀ ਆਉਂਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਨਾਲ ਸੱਤਾ ਵਿਚ ਮੁੜ ਵਾਪਸੀ ਕਰੇਗੀ। ਮਾਨ ਤੇ ਦਲਜੀਤ ਰਾਜੂ ਨੇ ਇਸ ਨਿਯੁਕਤੀ ਲਈ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਅਵਤਾਰ ਸਿੰਘ ਸਰਪੰਚ ਪੰਡਵਾ ਵੀ ਉਚੇਰੇ ਤੌਰ ਤੇ ਹਾਜਰ ਸਨ।