ਜਲੰਧਰ, 13 ਨਵੰਬਰ
ਕਮਿਸ਼ਨਰੇਟ ਪੁਲਿਸ ਵਿਖੇ ਤਾਇਨਾਤ ਗਜ਼ਟਿਡ ਅਧਿਕਾਰੀਆਂ (ਜੀਓ) ਰੈਂਕ ਦੇ ਹੁਨਰ ਨੂੰ ਹੋਰ ਨਿਖਾਰਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਅੱਜ ਅਧਿਕਾਰੀਆਂ ਲਈ ਇਕ ਵਿਸ਼ੇਸ਼ ਸ਼ੂਟਿੰਗ ਸੈਸ਼ਨ ਕਰਵਾਇਆ ਗਿਆ।ਪੀ.ਏ.ਪੀ. ਸ਼ੂਟਿੰਗ ਰੇਂਜ ਵਿਖੇ ਆਯੋਜਿਤ ਇਸ ਸੈਸ਼ਨ ਵਿੱਚ ਸਾਰੇ ਜੀਓ ਰੈਂਕ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਟਾਫ਼ ਵੱਲੋਂ ਹਿੱਸਾ ਲਿਆ ਗਿਆ। ਇਸ ਸੈਸ਼ਨ ਵਿੱਚ ਅੱਗੇ ਉੱਪਰ ਤੋਂ ਹੇਠਾਂ ਦੇ ਕ੍ਰਮ ਨੂੰ ਕਵਰ ਕਰਦੇ ਹੋਏ ਪੂਰੀ ਫੋਰਸ ਨੂੰ ਕਵਰ ਕੀਤਾ ਜਾਵੇਗਾ।ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਅਧਿਕਾਰੀਆਂ ਦੇ ਹੁਨਰ ਨੂੰ ਹੋਰ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸਿੰਗ ਅੱਜ ਇੱਕ ਚੁਣੌਤੀਪੂਰਨ ਕਾਰਜ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਮੁਕਾਬਲਾ ਕਰਨ ਲਈ ਆਪਣੇ ਆਪ ਨੂੰ ਅਪਡੇਟ ਕਰਨ ਦੀ ਲੋੜ ਹੈ।  ਨੌਨਿਹਾਲ ਸਿੰਘ ਨੇ ਸਪੱਸ਼ਟ ਕਿਹਾ ਕਿ ਅਧਿਕਾਰੀਆਂ ਨੂੰ ਇਸ ਸੈਸ਼ਨ ਵਿੱਚ ਹਿੱਸਾ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਨਿਸ਼ਾਨੇਬਾਜ਼ੀ ਦੇ ਹੁਨਰ ਵਿੱਚ ਪੂਰਨਤਾ ਨੂੰ ਹੋਰ ਯਕੀਨੀ ਬਣਾਇਆ ਜਾ ਸਕੇ, ਜੋ ਕਿ ਵਿਸ਼ੇਸ਼ ਕਰਕੇ ਅੰਦਰੂਨੀ ਸੁਰੱਖਿਆ ਲਈ ਉੱਭਰ ਰਹੇ ਖਤਰਿਆਂ ਦੇ ਮੱਦੇਨਜ਼ਰ ਅਪਰਾਧ ਨਾਲ ਨਜਿੱਠਣ ਲਈ ਲੋੜੀਂਦਾ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੀਓ ਰੈਂਕ ਦੇ ਅਧਿਕਾਰੀ ਕਮਿਸ਼ਨਰੇਟ ਪੁਲਿਸ ਦੇ ਮੋਹਰੀ ਕਤਾਰ ਦੇ ਯੋਧੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਸ਼ਨਾਂ/ਅਭਿਆਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਕਾਰੀ ਅੰਦਰੂਨੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਸਾਹਮਣਾ ਕਰਨ ਦੇ ਸਮਰੱਥ ਹਨ।  ਨੌਨਿਹਾਲ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਦੇ ਝੰਡਾਬਰਦਾਰ ਹਨ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਸਮੇਤ ਹਰ ਅਧਿਕਾਰੀ ਇਸ ਸ਼ਾਨਾਮੱਤੀ ਪਰੰਪਰਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।  ਨੌਨਿਹਾਲ ਸਿੰਘ ਨੇ ਅੱਗੇ ਕਿਹਾ ਕਿ ਸਮੁੱਚੀ ਪੁਲਿਸ ਫੋਰਸ ਲਈ ਅਜਿਹੇ ਸੈਸ਼ਨ/ਸਿਖਲਾਈ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਨੂੰ ਸੂਬੇ ਭਰ ਵਿੱਚ ਸਰਬਓਤਮ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।