ਜਲੰਧਰ, 16 ਅਪ੍ਰੈਲ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਮਿਸ਼ਨ ਰੈਡ ਸਕਾਈ ਅਧੀਨ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਯੋਜਨਾ ਤਹਿਤ 500 ਨਸ਼ਿਆਂ ‘ਤੇ ਨਿਰਭਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾਵੇਗਾ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਵਿੱਚ ਕੌਂਸਲਰਾਂ ਅਤੇ ਸਰਪੰਚਾਂ ਨੂੰ ਸ਼ਾਮਲ ਕਰਨ ਸਬੰਧੀ ਇੱਕ ਪ੍ਰਸਤਾਵ ਵਿਚਾਰ ਅਧੀਨ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਪਹਿਚਾਨ ਕੀਤੇ ਗਏ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਲਾਭ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਹੁਨਰ ਸਿਖਲਾਈ ਦੇਣ ਲਈ ਇਕ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਬੈਂਕਾਂ ਨੂੰ ਉਨ੍ਹਾਂ ਨੂੰ ਕਰਜ਼ੇ ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।

            ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ 50 ਅਧਿਕਾਰੀਆਂ ਨੂੰ 500 ਨਸ਼ਿਆਂ ‘ਤੇ ਨਿਰਭਰ ਵਿਅਕਤੀਆਂ ਦੀ ਪਹਿਚਾਨ ਕਰਨ ਅਤੇ ਹਰੇਕ ਅਧਿਕਾਰੀ ਨੂੰ 10 ਨੂੰ ਹੁਨਰ ਵਿਕਾਸ ਜਾਂ ਸਿਖਲਾਈ ਪ੍ਰੋਗਰਾਮ ਰਾਹੀਂ ਨੌਕਰੀ ਦੇ ਮੌਕੇ ਮੁਹੱਈਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ।

            ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਹਰੇਕ ਅਧਿਕਾਰੀ ਵੱਲੋਂ 10 ਨਸ਼ਿਆਂ ‘ਤੇ ਨਿਰਭਰ ਵਿਅਕਤੀਆਂ ਦੀ ਪਹਿਚਾਨ ਕੀਤੀ ਗਈ ਹੈ, ਜਿਨ੍ਹਾਂ ਨੂੰ ਰੋਜ਼ਗਾਰ ਦੇ ਵੱਖੋ ਵੱਖਰੇ ਮੌਕੇ ਮੁਹੱਈਆ ਕਰਵਾਏ ਜਾਣਗੇ ਅਤੇ ਹੁਨਰ ਵਿਕਾਸ/ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਉਹ ਦੂਜਿਆਂ ਵਾਂਗ ਆਪਣੀ ਰੋਜ਼ੀ-ਰੋਟੀ ਕਮਾ ਸਕਣ।

            ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਸਵਾਨਿਧੀ ਸਕੀਮ ਦਾ ਵੀ ਜਾਇਜ਼ਾ ਲਿਆ ਗਿਆ, ਜਿਸ ਦਾ ਉਦੇਸ਼ ਸਟ੍ਰੀਟ ਵਿਕਰੇਤਾਵਾਂ ਨੂੰ ਸਬਸਿਡੀ ਵਾਲੇ ਕਰਜ਼ੇ ਮੁਹੱਈਆ ਕਰਵਾਉਣਾ ਹੈ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਸਮੁੱਚੀਆਂ ਬਕਾਇਆ ਫਾਈਲਾਂ ਦਾ ਨਿਪਟਾਰਾ ਕਰਨ ਅਤੇ ਬੈਂਕਾਂ ਵੱਲੋਂ ਕਰਜ਼ਾ ਮਨਜ਼ੂਰੀਆਂ ਵਿੱਚ ਦੇਰੀ ਦਾ ਮੁੱਦਾ, ਜੇ ਕੋਈ ਹੈ, ਤਾਂ ਉਸ ਸਬੰਧੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।