ਜਲੰਧਰ 19 ਜਨਵਰੀ 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਝੁੱਗੀ ਚੌਂਪੜੀ ਮੁਕਤ ਕਰਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਵਿਘਾਇਕ ਸ੍ਰ.ਪਰਗਟ ਸਿੰਘ ਵਲੋਂ ਮੁੱਖ ਮੰਤਰੀ ਪੰਜਾਬ ਵਲੋਂ ਝੁੱਗੀ ਚੌਂਪੜੀਆਂ ਵਿੱਚ (ਸਲੱਮ ਖੇਤਰਾਂ) ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ਤਹਿਤ ਤਿੰਨ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤਾ ਗਿਆ।ਇਸ ਸਬੰਧੀ ਇਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਅਪ੍ਰੈਲ 2020 ਤੋਂ ‘ਪੰਜਾਬ ਸਲੱਮ ਡਵੈਲਰਜ (ਪ੍ਰਾਪਰੇਟਰੀ ਰਾਈਟ) ਐਕਟ ਤਹਿਤ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨਾਲ ਸ਼ਹਿਰੀ ਖੇਤਰਾਂ ਵਿੱਚ ਸਰਕਾਰੀ ਜ਼ਮੀਨ ’ਤੇ ਬਣੇ ਸਲੱਮ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਮਾਲਕਾਨਾ ਹੱਕ ਦੇਣ ਨਾਲ ਸ਼ਹਿਰੀ ਖੇਤਰਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਦਾ ਮੁੱਖ ਮੰਤਵ ਸ਼ਹਿਰੀ ਸਲੱਮ ਖੇਤਰਾਂ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਜਿਵੇਂ ਪੀਣ ਯੋਗ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ ਦਾ ਨਿਰਮਾਣ ਕਰਨਾ ਹੈ।ਸ੍ਰ.ਪਰਗਟ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਸਕੀਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲ ਸਕੇ ਤਾਂ ਕਿ ਜਲੰਧਰ ਪੂਰੀ ਤਰ੍ਹਾਂ ਸਲੱਮ ਖੇਤਰ ਮੁਕਤ ਬਣ ਸਕੇ ਅਤੇ ਇਸ ਦੇ ਵਸਨੀਕ ਖੁਸ਼ਹਾਲ ਜੀਵਨ ਬਤੀਤ ਕਰ ਸਕਣ।ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਜੁਆਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।