ਜਲੰਧਰ : ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ‘ਸੈਂਟਰ ਫਾਰ ਡਾਇਸਪੋਰਾ ਸਟੱਡੀਜ਼’ ਦਾ ਆਰੰਭ ਕੀਤਾ ਗਿਆ ਹੈ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬੀ ਯ¨ਨੀਵਰਸਿਟੀ ਪਟਿਆਲਾ ਦੇ ਡਾਇਸਪੋਰਾ ਸਟੱਡੀਜ਼ ਕੇਂਦਰ ਦੇ ਸਾਬਕਾ ਡਾਇਰੈਕਟਰ ਡਾ: ਤਜਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ: ਜਸਰੀਨ ਕੌਰ ਅਤੇ ਨਵੇਂ ਬਣੇ ਕੇਂਦਰ ਦੇ ਡਾਇਰੈਕਟਰ ਡਾ: ਕੰਚਨ ਮਹਿਤਾ ਵੱਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮਾਗਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਵਿਦਿਆਰਥੀਆਂ ਨੂੰ ਡਾਇਸਪੋਰਾ ਵਿਸ਼ੇ ਉੱਤੇ ਆਪਣੇ ਵਿਚਾਰ ਖੁੱਲ ਕੇ ਪੇਸ਼ ਕਰਨ ਲਈ ਮੰਚ ਮੁਹੱਈਆ ਕਰਵਾਇਆ ਗਿਆ ਅਤੇ ਅਗਾਂਹ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣ ਦਾ ਅਹਿਦ ਕੀਤਾ ਗਿਆ। ਸਮਾਗਮ ਦੌਰਾਨ ਮੰਚ ਸੰਚਾਲਨ ਡਾ: ਕੰਚਨ ਮਹਿਤਾ ਵੱਲੋਂ ਕੀਤਾ ਗਿਆ ਤੇ ਉਨਾਂ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਸਾਰੇ ਸਟਾਫ਼ ਮੈਂਬਰਾਂ ਦੇ ਨਾਲ ਨਾਲ ਹੋਰਨਾਂ ਵਿਭਾਗਾਂ ਤੋਂ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।