ਜਲੰਧਰ : ਮੈਡੀਕਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਮਜ਼ੋਰ ਤਬਕੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜਿਸ ਵਿੱਚ ਸ੍ਰੀ ਸੋਨੀ ਦੇ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ , ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਅਧਿਕਾਰੀ ਪਾਬੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਉੱਚ ਅਧਿਕਾਰੀ ਨਿੱਜੀ ਤੌਰ ’ਤੇ ਯਤਨ ਕਰਨ ਅਤੇ ਹਰ ਵਿਭਾਗ ਆਪੋ ਆਪਣੇ ਨਾਲ ਸਬੰਧਿਤ ਲਾਭਪਾਤਰੀਆਂ ਤੱਕ ਸਿੱਧੀ ਪਹੁੰਚ ਕਰੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਅਨੇਕਾਂ ਲੋਕ ਪੱਖੀ ਯੋਜਨਾਵਾਂ ਆਰੰਭੀਆਂ ਗਈਆਂ ਹਨ ਜਿਨਾਂ ਦਾ ਮਕਸਦ ਆਮ ਲੋਕਾਂ ਦੀ ਜਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ । ਉਨ੍ਹਾ ਕਿਹਾ ਕਿ ਵਿਕਾਸ ਯੋਜਨਾਵਾਂ ਅਤੇ ਵਿਸ਼ੇਸ਼ ਕਰਕੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਉਹ ਹਰ ਮਹੀਨੇ ਦੇ ਪਹਿਲੇ ਹਫ਼ਤੇ ਰਿਵਿਊ ਮੀਟਿੰਗ ਕਰਿਆ ਕਰਨਗੇ ਤਾਂ ਜੋ ਇਨਾਂ ਦੀ ਪ੍ਰਗਤੀ ਦਾ ਲਗਾਤਾਰ ਜਾਇਜ਼ਾ ਲਿਆ ਜਾ ਸਕੇ।
ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਪੁਲਿਸ ਅਤੇ ਨਗਰ ਨਿਗਮ ਨੂੰ ਕਿਹਾ ਕਿ ਉਹ ਸ਼ਹਿਰ ਵਿੱਚ ਅਵਾਜਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਸਾਂਝੀ ਯੋਜਨਾਬੰਦੀ ਕਰਕੇ ਉਸ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ । ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਆਦਮਪੁਰ ਸ਼ਹਿਰ ਵਿਖੇ ਫਲਾਈ ਓਵਰ ਦੀ ਉਸਾਰੀ ਜਲਦ ਮੁਕੰਮਲ ਕਰਨ ਦੇ ਹੁਕਮ ਵੀ ਦਿੱਤੇ ਗਏ ,ਇਸ ਤੋਂ ਇਲਾਵਾ ਲੰਮਾ ਪਿੰਡ ਤੋਂ ਜੰਡੂਸਿੰਗਾ ਰੋਡ ਨੂੰ ਵੀ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਾਹਕੋਟ ਵਿਖੇ ਰੇਲਵੇ ਓਵਰ ਬ੍ਰਿਜ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸੜਕ ਨੂੰ ਮਜ਼ਬੂਤ ਅਤੇ ਚੌੜਾ ਕਰਨ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਕਿਹਾ ਕਿ ਉਹ ਖੁਰਲਾ ਕਿੰਗਰਾ ਵਿਖੇ ਕਮਿਊਨਟੀ ਸਿਹਤ ਕੇਂਦਰ ਨੂੰ ਚਾਲੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ , ਇਸ ਤੋਂ ਇਲਾਵਾ ਫਿਲੌਰ ਤੋਂ ਨਕੋਦਰ ਰੋਡ ਅਤੇ ਸਾਂਈ ਮੰਦਿਰ ਤੋਂ ਮਿੱਠਾਪੁਰ ਚੌਕ ਤੱਕ ਸੜਕ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਲਈ ਲੋਕ ਨਿਰਮਾਣ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਇਹ ਵੀ ਦੱਸਿਆ ਕਿ ਨਿਊ ਗਰੀਨ ਮਾਡਲ ਟਾਊਨ ਰੋਡ ਉਪਰ 48.88 ਲੱਖ ਰੁਪਏ ਦੀ ਲਾਗਤ ਨਾਲ ਕੰਮ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਸਾਰੇ ਸਬੰਧਿਤ ਮੈਂਬਰਾਂ ਨੂੰ ਮੀਟਿੰਗ ਦਾ ਏਜੰਡਾ ਅਗਾਊਂ ਦਿੱਤਾ ਜਾਵੇ ਤਾਂ ਜੋ ਸਾਰੇ ਮੁੱਦਿਆਂ ਉਪਰ ਖੁੱਲੀ ਵਿਚਾਰ ਚਰਚਾ ਹੋ ਸਕੇ। ਇਸੇ ਤਰ੍ਹਾਂ ਉਨਾਂ ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਸਾਰੇ ਉਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ । ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਿਖਤੀ ਰੂਪ ਵਿੱਚ ਅਗਾਉਂ ਤੌਰ ’ਤੇ ਦੇਣ ਲਈ ਕਿਹਾ ਗਿਆ ਤਾਂ ਜੋ ਮੀਟਿੰਗ ਦੌਰਾਨ ਉਸ ਦਾ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਜਲੰਧਰ ਜ਼ਿਲ੍ਹੇ ਵਿੱਚ ਲੋਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਲਈ ਜ਼ਿਲ੍ਹਾ ੍ਰਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ।
ਇਸ ਮੌਕੇ ਵਿਧਾਇਕ ਰਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆ, ਮੇਅਰ ਜਗਦੀਸ਼ ਰਾਜ ਰਾਜਾ, ਕਮਿਸ਼ਨਰ ਨਗਰ ਨਿਗਮ ਦੀਪਰਵਾ ਲਾਕੜਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਗਗਨੇਸ਼ ਕੁਮਾਰ, ਐਸ.ਡੀ.ਐਮਜ਼ ਅਮਿਤ ਕੁਮਾਰ, ਰਾਹੁਲ ਸਿੰਧੂ, ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸਕੱਤਰ ਆਰ.ਈ.ਏ.ਡਾ.ਨਯਨ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਮੇਜਰ (ਰਿਟਾ.) ਯਸ਼ਪਾਲ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ ਹਾਜ਼ਰ ਸਨ।