ਜਲੰਧਰ, 1 ਅਕਤੂਬਰ
ਹਲਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਨਾਇਆ ਜਾਵੇਗਾ। ਉਹ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਰਜੀਤ ਬੈਂਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਜਗਮੋਹਨ ਸਿੰਘ ਤੇ ਸ਼੍ਰੀ ਨਰੇਸ਼ ਡੋਗਰਾ, ਐਸ.ਪੀ. ਰੂਰਲ ਰਵੀ ਕੁਮਾਰ, ਸਹਾਇਕ ਕਮਿਸ਼ਨਰ ਸ਼੍ਰੀ ਹਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 20 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਉਤਸਵ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲੋੜੀਂਦੇ ਪ੍ਰਬੰਧ ਕਰਨ ਲਈ ਡਿਊਟੀਆਂ ਵੀ ਲਗਾਈਆਂ ਗਈਆਂ।
ਸ਼੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਪੁਲਿਸ, ਸਿਵਲ ਅਤੇ ਨਗਰ ਨਿਗਮ ਜਲੰਧਰ ਨੂੰ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਅਤੇ ਪ੍ਰਕਾਸ਼ ਉਤਸਵ ਤੋਂ ਪਹਿਲਾਂ 16 ਅਕਤੂਬਰ ਨੂੰ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਵਿਖੇ ਲਿਜਾਈ ਜਾਣ ਵਾਲੀ ਵਿਸ਼ਾਲ ਤੀਰਥ ਯਾਤਰਾ ਅਤੇ 18 ਅਤੇ 19 ਅਕਤੂਬਰ ਨੂੰ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਦਿਆਂ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਵੀ ਤਾਇਨਾਤ ਕਰਨਾ ਚਾਹੀਦਾ ਹੈ ਅਤੇ ਢੁੱਕਵੇਂ ਟਰੈਫਿਕ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਮੀਟਿੰਗ ਵਿੱਚ ਨਗਰ ਨਿਗਮ ਜਲੰਧਰ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਜਾਵਟ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸਿਹਤ ਵਿਭਾਗ ਨੂੰ ਸਪੈਸ਼ਲ ਮੈਡੀਕਲ ਟੀਮਾਂ ਤਾਇਨਾਤ ਕਰਨ ਸਮੇਤ ਫਾਇਰ ਵਿਭਾਗ ਨੂੰ ਫਾਇਰ ਬ੍ਰਿਗੇਡ ਦੇ ਢੁੱਕਵੇਂ ਪ੍ਰਬੰਧਨ ਕਰਨ ਦੇ ਨਿਰਦੇਸ਼ ਦਿੱਤੇ ਗਏ। ਪ੍ਰਕਾਸ਼ ਉਤਸਵ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸਬੰਧਤ ਵਿਭਾਗਾਂ ਨੂੰ ਆਪਣੇ ਨੋਡਲ ਅਫ਼ਸਰ ਤਾਇਨਾਤ ਕਰਨ ਲਈ ਵੀ ਕਿਹਾ ਗਿਆ।
ਵਿਧਾਇਕ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਮਨਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।