ਜਲੰਧਰ, 24 ਨਵੰਬਰ
ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਮੰਗਲਵਾਰ ਨੂੰ ਵੱਖ-ਵੱਖ ਗੈਰ-ਸੰਚਾਰੀ ਰੋਗਾਂ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ, ਸਟ੍ਰੋਕ ਆਦਿ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਾ. ਚਾਵਲਾ ਨੇ ਦੱਸਿਆ ਕਿ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਇਹ ਵੈਨ ਬਣਾਈ ਗਈ ਹੈ, ਜਿਸ ਵਿੱਚ ਐਲ.ਈ.ਡੀ. ਅਤੇ ਆਡੀਓ-ਵਿਜ਼ੂਅਲ ਐਡਰੈੱਸ ਸਿਸਟਮ ਦੇ ਨਾਲ ਜਾਗਰੂਕਤਾ ਸਮੱਗਰੀ ਪ੍ਰਦਰਸ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਵਿੱਚ ਪਹੁੰਚੇਗੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਵੀ ਮੌਜੂਦ ਸਨ।ਉਨ੍ਹਾਂ ਅੱਗੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਿਯਮਿਤ ਤੌਰ ‘ਤੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਟੈਸਟ ਕਰਵਾਉਣੇ ਚਾਹੀਦੇ ਹਨ।
ਸਿਵਲ ਸਰਜਨ ਨੇ ਅੱਗੇ ਕਿਹਾ ਕਿ ਗੈਰ-ਸੰਚਾਰੀ ਬਿਮਾਰੀਆਂ ਤੋਂ ਬਚਣ ਲਈ, ਫਾਸਟ ਫੂਡ, ਗੈਰ ਮਿਆਰੀ ਸਟਰੀਟ ਫੂਡ, ਸ਼ਰਾਬ ਅਤੇ ਤੰਬਾਕੂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸਰੀਰਕ ਕਸਰਤ ਨੂੰ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਐਪਿਡਮਿਓਲੋਜਿਸਟ ਡਾ. ਸਤੀਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।