ਜਲੰਧਰ, 7 ਮਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਟਰੇਡਰਜ਼ ਐਸੋਸੀਏਸ਼ਨ ਨੂੰ ਭਰੋਸਾ ਦੁਆਇਆ ਗਿਆ ਕਿ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ, ਜੋ ਕਿ ਗੈਰ ਜ਼ਰੂਰੀ ਸ੍ਰੇਣੀ ਵਿੱਚ ਆਉਂਦੇ ਹਨ, ਦੀਆਂ ਮੰਗਾਂ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕਰਕੇ ਵਪਾਰੀਆ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੇ ਧੀਰਜ ਨਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮਸਲਿਆ ਨੂੰ ਸੁਣਦਿਆਂ ਮੈਂਬਰ ਪਾਰਲੀਮੈਂਟ ਜਲੰਧਰ  ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਜ ਸਰਕਾਰ ਨੂੰ ਵਪਾਰੀਆਂ ਅਤੇ ਦੁਕਾਨਾਂਦਾਰਾਂ ਦੀਆਂ ਯੋਗ ਮੰਗਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਉਹ ਵੀ ਜ਼ਰੂਰੀ ਪਾਬੰਦੀਆਂ ਤਹਿਤ ਆਪਣੇ ਕਾਰੋਬਾਰ ਖੋਲ੍ਹ ਸਕਣ। ਚੌਧਰੀ ਸੰਤੋਖ ਸਿੰਘ, ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰ.ਪਰਗਟ ਸਿੰਘ, ਰਾਜਿੰਦਰ ਬੇਰੀ,  ਸੁਸ਼ੀਲ ਰਿੰਕੂ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੈਂਬਰ ਪਾਰਲੀਮੈਂਟ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਇੱਕ ਹੱਲ ਦੇ ਤੌਰ ‘ਤੇ ਅਧਿਕਾਰੀਆਂ ਵੱਲੋਂ ਯੋਜਨਾਬੱਧ ਢੰਗ ਨਾਲ ਗੈਰ-ਜ਼ਰੂਰੀ ਦੁਕਾਨਾਂ ਦੇ ਸੰਚਾਲਨ ਦੀ ਆਗਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਸਬੰਧੀ ਤਜਵੀਜ਼ ਤਿਆਰ ਕਰਕੇ ਸੂਬਾ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੀ ਜਾਵੇ ਤਾਂ ਜੋ ਸ਼ਹਿਰ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਸਕਣ।ਇਸ ਮੌਕੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਦੁਕਾਨਦਾਰਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਪਾਸੋਂ ਅਜਿਹੀ ਵਿਵਸਥਾ ਤਿਆਰ ਕਰਨ ਸਬੰਧੀ ਜਿਥੇ ਦੁਕਾਨਾਂ ਵੀ ਖੋਲ੍ਹੀਆਂ ਜਾਣ ਅਤੇ ਕੋਵਿਡ ਪ੍ਰੋਟੋਕਾਲ ਵੀ ਬਿਨਾਂ ਕਿਸੇ ਪਰੇਸ਼ਾਨੀ ਦੇ ਲਾਗੂ ਰਹਿ ਸਕਣ, ਬਾਰੇ ਪ੍ਰਤੀਕਿਰਿਆ ਲਈ ਗਈ। ਇਸ ’ਤੇ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਮੀਟਿੰਗ ਸਮੂਹ ਨੁਮਾਇੰਦਿਆਂ ਨਾਲ ਲਾਗੂ ਪਾਬੰਦੀਆਂ ਦੇ ਮੱਦੇਨਜ਼ਰ ਵੱਖ-ਵੱਖ ਬਜ਼ਾਰਾਂ ਦੀਆਂ ਜ਼ਰੂਰਤਾਂ ’ਤੇ ਅਧਾਰਿਤ ਸੁਚਾਰੂ ਵਿਵਸਥਾ ਤਿਆਰ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਪ੍ਰਵਾਨਗੀ ਮਿਲਣ ਉਪਰੰਤ ਇਸ ਨੂੰ ਸੋਮਵਾਰ ਤੋਂ ਲਾਗੂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਨੂੰ ਅਪਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਵੱਲੋਂ ਵੱਖ-ਵੱਖ ਵਪਾਰਕ ਸੰਸਥਾਵਾਂ ਨੂੰ ਜ਼ਿਲ੍ਹੇ ਵਿੱਚ ਮੌਜੂਦਾ ਸਥਿਤੀ ਖਾਸ ਕਰਕੇ ਬੈਡਾਂ ਦੀ ਉਪਲਬੱਧਤਾ, ਆਕਸੀਜਨ ਦੀ ਕਾਮੀ ਅਤੇ ਨਵੇਂ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਜੋ ਕਿ ਸਭ ਲਈ ਚਿੰਤਾ ਦਾ ਵਿਸ਼ਾ ਹੈ, ਬਾਰੇ ਦਸਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵਾਇਰਸ ਦੀ ਕੜੀ ਨੂੰ ਤੋੜਨ ਲਈ ਘਰਾਂ ਤੋਂ ਬਾਹਰ ਨਾ ਨਿਕਲਣ। ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਗੋਲ ਘੇਰੇ ਬਣਾਉਣਾ, ਸੈਨੀਟਾਈਜ਼ੇਸ਼ਨ, ਮਾਸਕ ਪਾਉਣਾ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਕੋਵਿਡ ਪ੍ਰੋਟੋਕਾਲ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਅਤੇ ਇਸ ਦੀ ਨਿਗਰਾਨੀ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇ।ਇਸ ਮੌਕੇ ਐਸ.ਐਸ.ਪੀ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਵੱਖ-ਵੱਖ ਵਪਾਰ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।