ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 9 ਵਿਧਾਨਸਭਾ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸੋਧ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਵਿੱਚ ਯੋਗ ਪ੍ਰਕਿਰਿਆ ਰਾਹੀਂ ਵੋਟਰ ਪਹਿਚਾਣ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਤਿਆਰ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 16,10,996 ਵੋਟਰ ਸਨ ਪਰ ਜਦੋਂ ਵੋਟਰ ਪਹਿਚਾਣ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਕਰਵਾਈ ਗਈ ਤਾਂ ਜ਼ਿਲ੍ਹੇ ਵਿੱਚ 15,99,691 ਯੋਗ ਵੋਟਰ ਪਾਏ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਚੋਣ ਰਜਿਸਟਰੇਸ਼ਨ ਦਫ਼ਤਰਾਂ ਅਤੇ ਸਬੰਧਿਤ ਬੂਥਾਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਉਪਲਬੱਧ ਸਨ । ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵੈਬਸਾਈਟ ceopunjab.nic.in. ’ਤੇ ਵੀ ਵੇਖੀਆਂ ਜਾ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਹਰ ਯੋਗ ਨਾਗਰਿਕ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਸਕੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਪਹਿਚਾਣ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਐਲਾਨ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਅਹਿਮ ਕੰਮ ਨੂੰ ਤਰਜੀਹ ਦੇ ਅਧਾਰ ’ਤੇ ਮੁਕੰਮਲ ਕੀਤਾ ਗਿਆ।
ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਅਤੇ ਇਤਰਾਜ 16 ਦਸੰਬਰ ਤੋਂ 15 ਜਨਵਰੀ ਤੱਕ ਅਤੇ 27 ਜਨਵਰੀ ਨੂੰ ਸਬੰਧਿਤ ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਕਰਨ ਉਪਰੰਤ ਵੋਟਰ ਪਹਿਚਾਣ ਪ੍ਰੋਗਰਾਮ ਤਹਿਤ ਸਮੁੱਚਾ ਡਾਟਾ ਅਪਡੇਟ ਕੀਤਾ ਗਿਆ।
ਇਸ ਮੌਕੇ ਚੋਣ ਤਹਿਸੀਲਦਾਰ ਮਨਜੀਤ ਸਿੰਘ ਤੇ ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।